IMG-LOGO
Home News index.html
ਪੰਜਾਬ

ਰਾਹੁਲ ਨੂੰ ਸਿਰੋਪਾ: ਸ਼੍ਰੋਮਣੀ ਕਮੇਟੀ ਵੱਲੋਂ ਚਾਰ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ

by Admin - 2025-09-17 18:23:06 0 Views 0 Comment
IMG
ਕਥਾਵਾਚਕ ਤੇ ਸੇਵਾਦਾਰ ਮੁਅੱਤਲ, ਗ੍ਰੰਥੀ ਦੀਆਂ ਸੇਵਾਵਾਂ ਖ਼ਤਮ, ਮੈਨੇਜਰ ਦਾ ਤਬਾਦਲਾ ਅੰਮ੍ਰਿਤਸਰ: ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਦੇ ਅੰਦਰ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਾਰ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਮਰਿਆਦਾ ਦੀ ਉਲੰਘਣਾ ਅਤੇ ਸਨਮਾਨ ਦੇਣ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਮਾਮਲੇ ਦੀ ਪੜਤਾਲ ਕਰਵਾਈ ਗਈ ਸੀ, ਜਿਸ ਦੀ ਅੱਜ ਰਿਪੋਰਟ ਪ੍ਰਾਪਤ ਹੋਣ ਮਗਰੋਂ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਮਦਾਸ ਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਦੇ ਕਥਾਵਾਚਕ ਭਾਈ ਪਲਵਿੰਦਰ ਸਿੰਘ ਅਤੇ ਸੇਵਾਦਾਰ ਭਾਈ ਹਰਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਇਵਜ਼ੀ ਤੌਰ ’ਤੇ ਸੇਵਾ ਨਿਭਾਅ ਰਹੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਹਨ ਅਤੇ ਮੈਨੇਜਰ ਪ੍ਰਗਟ ਸਿੰਘ ਨੂੰ ਚੇਤਾਵਨੀ ਦਿੰਦਿਆਂ ਉਸ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੜਤਾਲੀਆ ਰਿਪੋਰਟ ਵਿਚ ਇਹ ਪੱਖ ਸਾਹਮਣੇ ਆਇਆ ਹੈ ਕਿ ਰਾਹੁਲ ਗਾਂਧੀ ਗੁਰਦੁਆਰੇ ਦੇ ਦਰਬਾਰ ਵਿਚ ਨਿਰਧਾਰਤ ਜੰਗਲੇ ਦੇ ਅੰਦਰ ਗਏ ਸਨ, ਜੋ ਮਰਿਆਦਾ ਦੀ ਸਿੱਧੇ ਤੌਰ ’ਤੇ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਸ ਨਿਰਧਾਰਤ ਅਸਥਾਨ ’ਤੇ ਜਾਣ ਲਈ ਇਕ ਤੈਅ ਬਾਣਾ ਵੀ ਲਾਜ਼ਮੀ ਹੁੰਦਾ ਹੈ ਅਤੇ ਅੰਦਰ ਦੀ ਸੇਵਾ ਨਿਭਾਉਣ ਵਾਲੇ ਗ੍ਰੰਥੀ, ਸੇਵਾਦਾਰਾਂ ਅਤੇ ਸਬੰਧਤ ਮੁਲਾਜ਼ਮਾਂ ਤੋਂ ਇਲਾਵਾ ਕੋਈ ਵੀ ਬਾਹਰੀ ਵਿਅਕਤੀ ਜੰਗਲੇ ਦੇ ਅੰਦਰ ਨਹੀਂ ਜਾ ਸਕਦਾ ਹੈ। ਇਸ ਤੋਂ ਇਲਾਵਾ ਕਾਂਗਰਸ ਆਗੂਆਂ ਨੂੰ ਦਰਬਾਰ ਦੇ ਅੰਦਰ ਸਿਰੋਪਾਓ ਦੇਣ ਸਮੇਂ ਵੀ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਦੀ ਉਲੰਘਣਾ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਅਨੁਸਾਰ ਦਰਬਾਰ ਹਾਲ ਦੇ ਅੰਦਰ ਕਿਸੇ ਵੀ ਵੀਆਈਪੀ (ਵਿਸ਼ੇਸ਼ ਵਿਅਕਤੀਆਂ) ਨੂੰ ਸਿਰੋਪਾਓ ਨਹੀਂ ਦਿੱਤਾ ਜਾ ਸਕਦਾ ਹੈ। ਬੀਤੇ ਦਿਨੀਂ ਜਦੋਂ ਰਾਹੁਲ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਪੁੱਜੇ ਸਨ ਤਾਂ ਉਨ੍ਹਾਂ ਹੋਰ ਕਾਂਗਰਸੀ ਆਗੂਆਂ ਦੇ ਨਾਲ ਕਸਬਾ ਰਮਦਾਸ ਸਥਿਤ ਗੁਰਦੁਆਰੇ ਵਿੱਚ ਮੱਥਾ ਟੇਕਿਆ ਸੀ ਅਤੇ ਇਸ ਮੌਕੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ ਸੀ।

Leave a Comment

Your email address will not be published. Required fields are marked *