ਪੰਜਾਬ
ਬਿਜਲੀ ਸੋਧ ਬਿੱਲ ਖ਼ਿਲਾਫ਼ ਸੰਘਰਸ਼ ਦੀ ਤਿਆਰੀ
ਸੰਯੁਕਤ ਕਿਸਾਨ ਮੋਰਚਾ ਦੀ 60 ਜਥੇਬੰਦੀਆਂ ਨਾਲ ਮੀਟਿੰਗ
ਚੰਡੀਗਡ਼੍ਹ
ਸੰਯੁਕਤ ਕਿਸਾਨ ਮੋਰਚਾ ਨੇ ਬਿਜਲੀ ਸੋਧ ਬਿੱਲ-2025, ਬੀਜ ਬਿੱਲ, ਨਿੱਜੀਕਰਨ ਦੀਆਂ ਨੀਤੀਆਂ ਅਤੇ ਚਾਰ ਲੇਬਰ ਕੋਡਜ਼ ਸਣੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਮੰਨਵਾਉਣ ਲਈ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਅੱਜ ਇਥੇ ਕਿਸਾਨ ਭਵਨ ਵਿੱਚ 60 ਦੇ ਕਰੀਬ ਕਿਸਾਨ, ਮਜ਼ਦੂਰ, ਮੁਲਾਜ਼ਮ, ਠੇਕਾ ਮੁਲਾਜ਼ਮ, ਵਿਦਿਆਰਥੀ ਅਤੇ ਔਰਤਾਂ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਹੈ।
ਇਹ ਮੀਟਿੰਗ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ, ਰਮਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਨਿਹਾਲਗੜ੍ਹ, ਬਿੰਦਰ ਸਿੰਘ ਗੋਲੇਵਾਲ ਅਤੇ ਤਜਿੰਦਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਕਿਸਾਨ ਤੇ ਮਜ਼ਦੂਰ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦਾ ਜਾ ਰਿਹਾ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਨਿੱਜੀਕਰਨ ਨੂੰ ਹੁਲਾਰਾ ਦੇਵੇਗਾ। ਇਸ ਵਿਰੁੱਧ ਜਨਤਕ ਲਹਿਰ ਸ਼ੁਰੂ ਕਰਨ ਦੀ ਲੋੜ ਹੈ। ਇਸੇ ਲਈ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਥੇਬੰਦੀਆਂ ਨੇ ਫ਼ੈਸਲਾ ਕੀਤਾ ਹੈ ਕਿ ਸੰਸਦ ਵਿੱਚ ਬਿਜਲੀ ਬਿੱਲ ਪੇਸ਼ ਕਰਨ ਤੋਂ ਅਗਲੇ ਦਿਨ ਨੂੰ ਪੰਜਾਬ ਭਰ ਵਿੱਚ ‘ਕਾਲਾ ਦਿਨ’ ਮਨਾਇਆ ਜਾਵੇਗਾ। ਇਸੇ ਦਿਨ ਸੂਬੇ ਵਿੱਚ ਦੁਪਹਿਰ 12 ਤੋਂ ਬਾਅਦ ਦੁਪਹਿਰ 3 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ ਅਤੇ ਸਾਰੇ ਟੌਲ ਪਲਾਜ਼ੇ ਪਰਚੀ ਮੁਕਤ ਕੀਤੇ ਜਾਣਗੇ। ਮੁਲਾਜ਼ਮ ਤੇ ਅਧਿਆਪਕ ਜਥੇਬੰਦੀਆਂ ਕਾਲੇ ਬਿੱਲੇ ਲਗਾ ਕੇ ਅਤੇ ਕਾਲੇ ਕੱਪੜੇ ਪਾ ਕੇ ਗੇਟ ਰੈਲੀਆਂ ਕਰਨਗੀਆਂ। 15 ਦਸੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾਣਗੀਆਂ। ਅੱਜ ਦੀ ਮੀਟਿੰਗ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਨੇ ਐਲਾਨ ਕੀਤਾ ਕਿ ਬਿਜਲੀ ਵੰਡ ਪ੍ਰਣਾਲੀ ਦੇ ਨਿੱਜੀਕਰਨ ਖ਼ਿਲਾਫ਼ 28 ਦਸੰਬਰ ਤੋਂ 4 ਜਨਵਰੀ ਤੱਕ ਮੋਟਰਸਾਈਕਲ ਮਾਰਚ, ਟਰੈਕਟਰ ਮਾਰਚ ਤੇ ਮੁਜ਼ਾਹਰੇ ਕੀਤੇ ਜਾਣਗੇ। ਇਸ ਤੋਂ ਇਲਾਵਾ 16 ਜਨਵਰੀ ਨੂੰ ਪੰਜਾਬ ਭਰ ਵਿੱਚ ਬਿਜਲੀ ਵਿਭਾਗ ਦੇ ਐੱਸ ਈ ਦਫਤਰਾਂ ਦੇ ਬਾਹਰ ਰੋਸ ਮੁਜ਼ਾਹਰੇ ਕੀਤੇ ਜਾਣਗੇ।
ਰੋਡਵੇਜ਼ ਮੁਲਾਜ਼ਮਾਂ ਖ਼ਿਲਾਫ਼ ਕੇਸ ਰੱਦ ਕਰਨ ਦੀ ਮੰਗ
ਮੀਟਿੰਗ ਵਿੱਚ ਆਗੂਆਂ ਨੇ ਪੰਜਾਬ ਪੁਲੀਸ ਵੱਲੋਂ ਪੀ ਆਰ ਟੀ ਸੀ ਅਤੇ ਪੰਜਾਬ ਰੋਡਵੇਜ਼ ਕਾਮਿਆਂ ਵਿਰੁੱਧ ਦਰਜ ਕੀਤੇ ਕੇਸ ਰੱਦ ਕਰਨ ਅਤੇ ਜੇਲ੍ਹਾਂ ਵਿੱਚ ਬੰਦ ਕੀਤੇ ਮੁਲਾਜ਼ਮਾਂ ਨੂੂੰ ਰਿਹਾਅ ਕਰਨ ਦੀ ਮੰਗ ਕੀਤੀ। ਆਗੂਆਂ ਨੇ ਰਾਜਸਥਾਨ ਦੇ ਟਿੱਬੀ (ਹਨੂੰਮਾਨਗੜ੍ਹ) ਵਿੱਚ ਈਥਾਨੌਲ ਫੈਕਟਰੀ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਲੈਣ ਦੀ ਮੰਗ ਵੀ ਕੀਤੀ।