ਪੰਜਾਬ
ਸਤਿਕਾਰ ਯੋਜਨਾ ਦੀ ਤਿਮਾਹੀ ਕਿਸ਼ਤ ਪਹਿਲੀ ਨੂੰ: Bhagwant Mann
ਵਿਰੋਧੀ ਪਾਰਟੀਆਂ ਕੋਲ ਪੰਜਾਬ ਲਈ ਕੋਈ ਰੋਡਮੈਪ ਨਾ ਹੋਣ ਦਾ ਦਾਅਵਾ
ਅਮਲੋਹ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਸ ਯੋਜਨਾ ਤਹਿਤ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਦੀ ਪਹਿਲੀ ਕਿਸ਼ਤ ਪਹਿਲੀ ਜੁਲਾਈ ਨੂੰ ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕਰ ਦਿੱਤੀ ਜਾਵੇਗੀ। ਯੋਜਨਾ ਤਹਿਤ, ਦਲਿਤ ਮਾਵਾਂ ਅਤੇ ਭੈਣਾਂ ਨੂੰ ਤਿੰਨ ਮਹੀਨਿਆਂ ਦੇ 4,500 ਜਦਕਿ ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ 3,000 ਰੁਪਏ ਮਿਲਣਗੇ।
ਫ਼ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਚਨਾਰਥਲ ਕਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਬਾਅਦ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੀ ਮਾਣ-ਮਰਿਆਦਾ, ਵਿੱਤੀ ਸੁਰੱਖਿਆ ਅਤੇ ਸਮਾਜਿਕ ਸ਼ਕਤੀਕਰਨ ਯਕੀਨੀ ਬਣਾਉਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਜਦੋਂ ਤੱਕ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ, ਇਹ ਸਹਾਇਤਾ ਬਿਨਾਂ ਕਿਸੇ ਅੜਿੱਕੇ ਤੋਂ ਲਗਾਤਾਰ ਜਾਰੀ ਰਹੇਗੀ।
ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਂ ਦਿਨਾਂ ਬਾਅਦ, ਪਹਿਲੀ ਜੁਲਾਈ ਨੂੰ, 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਦੇ ਮੋਬਾਈਲ ਫੋਨਾਂ ’ਤੇ ਉਨ੍ਹਾਂ ਦੇ ਖਾਤਿਆਂ ਵਿੱਚ ਵਿੱਤੀ ਸਹਾਇਤਾ ਜਮ੍ਹਾਂ ਹੋਣ ਬਾਰੇ ਨੋਟੀਫਿਕੇਸ਼ਨ ਆ ਜਾਣਗੇ। ਜਨਰਲ ਵਰਗ ਨਾਲ ਸਬੰਧਤ ਔਰਤਾਂ ਨੂੰ 1,000 ਜਦਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਮਹੀਨਾ ਮਿਲਣਗੇ। ਇਹ ਪੈਸਾ ਬਿਨਾਂ ਕਿਸੇ ਵਿਚੋਲੇ ਦੇ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਦੇ ਯੋਗ ਹੋਣਗੀਆਂ। ਪੰਜਾਬ ਦੀਆਂ ਲਗਪਗ 97 ਫ਼ੀਸਦ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਆਸ ਹੈ ਅਤੇ ਸਰਕਾਰ ਨੇ ਇਸ ਲਈ 9,300 ਕਰੋੜ ਰੁਪਏ ਦਾ ਬਜਟ ਰੱਖਿਆ ਹੈ।”
ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਪੰਜਾਬ ਦੇ ਭਵਿੱਖ ਲਈ ਕੋਈ ਰੋਡਮੈਪ ਨਹੀਂ ਹੈ, ਜਿਸ ਕਾਰਨ ਇਹ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਝੂਠਾ ਪ੍ਰਚਾਰ ਕਰਨ ਵਿੱਚ ਲੱਗੇ ਹੋਏ ਹਨ ਪਰ ਪੰਜਾਬ ਦੇ ਲੋਕ ਹੁਣ ਸਭ ਕੁਝ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਅਤੇ ਪਵਿੱਤਰ ਸ਼ਹਿਰਾਂ ਨੂੰ ਵਿਸ਼ੇਸ਼ ਦਰਜਾ ਦੇਣ ਵਰਗੇ ਇਤਿਹਾਸਕ ਫ਼ੈਸਲੇ ਕੀਤੇ, ਤਾਂ ਫਿਰ ਉਹ ਗੁਰੂ ਗ੍ਰੰਥ ਸਾਹਿਬ ਖ਼ਿਲਾਫ਼ ਗ਼ਲਤ ਕਿਵੇਂ ਬੋਲ ਸਕਦੇ ਹਨ।
ਉਨ੍ਹਾਂ ਕਿਹਾ ਕਿ ਗ਼ਲਤ ਵੀਡੀਓ ਬਣਾ ਕੇ ਉਨ੍ਹਾਂ ਖ਼ਿਲਾਫ਼ ਕੀਤੇ ਜਾ ਰਹੇ ਪ੍ਰਚਾਰ ਤੋਂ ਲੋਕ ਸੁਚੇਤ ਰਹਿਣ। ਉਨ੍ਹਾਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਯੋਗ ਵਿਅਕਤੀ ਦੀ ਵੋਟ ਨਾ ਕੱਟੀ ਜਾਵੇ।
ਉਨ੍ਹਾਂ ਵੋਟਰਾਂ ਨੂੰ ਵੀ ਇਸ ਪ੍ਰਤੀ ਸੁਚੇਤ ਰਹਿਣ ਲਈ ਕਿਹਾ। ਉਨ੍ਹਾਂ ਪਿੰਡ ਚਨਾਰਥਲ ਕਲਾਂ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ 51 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਉਨ੍ਹਾਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਵੀ ਵੀ ਕੀਤਾ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ, ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਸਣੇ ਵੱਡੀ ਗਿਣਤੀ ਆਗੂ ਅਤੇ ਵਰਕਰ ਹਾਜ਼ਰ ਸਨ।