ਪੰਜਾਬ
ਸਾਡੀ ਲੜਾਈ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਸਾਂਝੇ ਗਠਜੋੜ ਵਿਰੁੱਧ: Bhagwant Mann
12 ਹਜ਼ਾਰ ਤੋਂ ਵੱਧ ਸਰਪੰਚਾਂ ਨੂੰ ਮਿਲਣਗੇ ਦਸ-ਦਸ ਹਜ਼ਾਰ ਰੁਪਏ: ਮੁੱਖ ਮੰਤਰੀ
ਸੰਗਰੂਰ/ ਪਟਿਆਲਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਥਾਨਕ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਦੇ ਆਡੀਟੋਰੀਅਮ ਹਾਲ ਵਿਖੇ ਵਲੰਟੀਅਰ ਮਿਲਣੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਉਨ੍ਹਾ ਦੀ ਲੜਾਈ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਸਾਂਝੇ ਗਠਜੋੜ ਵਿਰੁੱਧ ਹੈ, ਜਿਨ੍ਹਾਂ ਦਾ ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਤੋਂ ਇਲਾਵਾ ਕੋਈ ਹੋਰ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕੋਲ ਸਿਰਫ਼ ਇੱਕ ਹੀ ਏਜੰਡਾ ਹੈ—ਉਨ੍ਹਾਂ ਨੂੰ ਬਦਨਾਮ ਕਰਨਾ ਅਤੇ ਉਹ ਫ਼ਰਜ਼ੀ ਵੀਡੀਓਜ਼ ਵਾਇਰਲ ਕਰਕੇ ਸਭ ਤੋਂ ਹੇਠਲੇ ਪੱਧਰ 'ਤੇ ਉਤਰ ਗਏ ਹਨ।
ਮੁੱਖ ਮੰਤਰੀ ਨੇ 'ਆਪ' ਦੇ ਵਲੰਟੀਅਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦੌਰਾਨ ਚੌਕਸ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ 25 ਜੂਨ ਤੋਂ ਇਹ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜਿਸ ਨਾਲ ਪਾਰਟੀ ਦੇ ਹਰ ਵਲੰਟੀਅਰ ਦੀ ਜ਼ਿੰਮੇਵਾਰੀ ਹੋਰ ਵੀ ਅਹਿਮ ਹੋ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਐੱਸ ਆਈ ਆਰ ਪ੍ਰਕਿਰਿਆ ਰਾਹੀਂ ਭਾਜਪਾ ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਸੱਤਾ ਹਥਿਆਉਣ ਲਈ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ।
ਮਾਨ ਨੇ ਕਿਹਾ, “ਚੋਣਾਂ ਜਿੱਤਣ ਲਈ ਇਹ ਭਾਜਪਾ ਦੀ ਕਾਰਜ ਪ੍ਰਣਾਲੀ ਬਣ ਚੁੱਕੀ ਹੈ। ਹਰ ਵਲੰਟੀਅਰ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇੱਕ ਵੀ ਅਸਲੀ ਵੋਟ ਨਾ ਕੱਟੀ ਜਾਵੇ।”
ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਸੂਬੇ ਭਰ ਵਿੱਚ ਕਰੀਬ 3,100 ਖੇਡ ਮੈਦਾਨ 15 ਜੁਲਾਈ ਤੱਕ ਮੁਕੰਮਲ ਕਰਕੇ ਚਾਲੂ ਕਰ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਪਾਰਟੀ ਵਲੰਟੀਅਰਾਂ ਨੂੰ ਕਮਰ ਕੱਸਣ ਅਤੇ ਪਾਰਟੀ ਨੂੰ ਦੁਬਾਰਾ ਸੱਤਾ ਵਿੱਚ ਲਿਆਉਣ ਲਈ ਅਣਥੱਕ ਮਿਹਨਤ ਕਰਨ ਦਾ ਸੱਦਾ ਦਿੰਦਿਆਂ ਕਿਹਾ, “ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' 100 ਤੋਂ ਵੱਧ ਸੀਟਾਂ ਜਿੱਤੇਗੀ।” ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਗੋਇਲ, ਵਿਧਾਇਕ ਨਰਿੰਦਰ ਕੌਰ ਭਰਾਜ ਸਮੇਤ ਹੋਰ ਆਗੂ ਮੌਜੂਦ ਸਨ।
12 ਹਜ਼ਾਰ ਤੋਂ ਵੱਧ ਸਰਪੰਚਾਂ ਨੂੰ ਮਿਲਣਗੇ ਦਸ-ਦਸ ਹਜ਼ਾਰ ਰੁਪਏ: ਮੁੱਖ ਮੰਤਰੀ
ਉੱਥੇ ਹੀ ਮੁੱਖ ਮੰਤਰੀ ਨੇ ਪਟਿਆਲਾ ਨੇੜੇ ਰਾਜਪੁਰਾ ਰੋਡ ’ਤੇ ਸਥਿਤ ਕਸਬਾ ਬਹਾਦਰਗੜ੍ਹ ਵਿਖੇ 'ਸਰਪੰਚਾਂ ਨਾਲ ਮਿਲਣੀ' ਦੇ ਬੈਨਰ ਹੇਠ ਪ੍ਰੋਗਰਾਮ ਕੀਤਾ, ਜਿਸ ਦੌਰਾਨ ਤਿੰਨ ਵਿਧਾਨ ਸਭਾ ਹਲਕਿਆਂ ਦੇ ਸੈਂਕੜੇ ਸਰਪੰਚਾਂ ਨੇ ਹਿੱਸਾ ਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 15 ਅਗਸਤ ਤੋਂ ਪੰਜਾਬ ਭਰ ਦੇ ਸਮੂਹ 12 ਹਜ਼ਾਰ ਤੋਂ ਵੱਧ ਸਰਪੰਚਾਂ ਨੂੰ ਦਸ-ਦਸ ਹਜ਼ਾਰ ਰੁਪਏ ਮਿਲਣੇ ਸ਼ੁਰੂ ਹੋ ਜਾਣਗੇ।
ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇੱਕ ਸੂਬਾ ਬਣਾਏਗਾ, ਜਿਸ ਕਰਕੇ ਹੀ 'ਆਪ' ਸਰਕਾਰ ਪਿੰਡਾਂ ਨੂੰ ਵੀ ਸ਼ਹਿਰੀ ਤਰਜ਼ ’ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਜੋ ਪਿੰਡਾਂ ਵਿੱਚ ਵੱਸਦੇ ਲੋਕਾਂ ਦਾ ਜੀਵਨ ਪੱਧਰ ਵੀ ਹੋਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਰ ਇੱਕ ਪੈਸੇ ਦੀ ਪਾਰਦਰਸ਼ੀ ਵਰਤੋਂ ਯਕੀਨੀ ਬਣਾਈ ਜਾਵੇ।