ਪੰਜਾਬ
ਨੌਜਵਾਨ ਪੀੜ੍ਹੀ ਬਾਣੀ ਅਤੇ ਬਾਣੇ ਨਾਲ ਜੁੜੇ: ਜਥੇਦਾਰ
ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ; ਧਾਰਮਿਕ ਅਧਿਕਾਰਾਂ ’ਤੇ ਹੋ ਰਹੇ ਹਮਲਿਆਂ ਦੀ ਨਿਖੇਧੀ ਕੀਤੀ
ਅੰਮ੍ਰਿਤਸਰ,
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਥੇ ਹਰਿਮੰਦਰ ਸਾਹਿਬ ਸਮੂਹ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ। ਇਸ ਦੌਰਾਨ ਅਕਾਲ ਤਖ਼ਤ ’ਤੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਨੌਜਵਾਨਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਅਤੇ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਉਨ੍ਹਾਂ ਛੇਵੇਂ ਗੁਰੂ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਗਰੋਂ ਗੁਰੂ ਹਰਿਗੋਬਿੰਦ ਸਾਹਿਬ ਨੇ ਮੀਰੀ ਅਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰ ਕੇ ਪ੍ਰਭੂ-ਭਗਤੀ ਦੇ ਨਾਲ-ਨਾਲ ਜ਼ੁਲਮ ਵਿਰੁੱਧ ਡਟਣ ਦਾ ਸਿਧਾਂਤ ਦਿੱਤਾ। ਉਨ੍ਹਾਂ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਨੂੰ ਨਾਲ ਲੈ ਕੇ ਅਕਾਲ ਤਖ਼ਤ ਦੀ ਸਿਰਜਣਾ ਕੀਤੀ, ਜੋ ਸਿੱਖਾਂ ਲਈ ਸਰਵਉੱਚ ਅਸਥਾਨ ਹੈ।
ਉਨ੍ਹਾਂ ਚਿੰਤਾ ਪ੍ਰਗਟਾਈ ਕਿ ਅੱਜ ਕਿਰਪਾਨ ਅਤੇ ਹੋਰ ਕਕਾਰਾਂ ’ਤੇ ਸਵਾਲ ਖੜ੍ਹੇ ਕਰ ਕੇ ਸਿੱਖਾਂ ਦੇ ਧਾਰਮਿਕ ਅਧਿਕਾਰਾਂ ’ਤੇ ਹਮਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਕੌਮ ਕਦੇ ਪ੍ਰਵਾਨ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਗੁਰੂ ਦੇ ਤਖ਼ਤ ਨੂੰ ਚੁਣੌਤੀ ਦੇਣ ਵਾਲੇ ਇਤਿਹਾਸ ਦੇ ਸਫ਼ਿਆਂ ਤੱਕ ਸੀਮਤ ਹੋ ਗਏ, ਪਰ ਸੱਚ ਦਾ ਇਹ ਤਖ਼ਤ ਸਦਾ ਅਡੋਲ ਰਹੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਕੌਮ ਨੂੰ ਢਾਹ ਲਾਉਣ ਵਾਲੀਆਂ ਤਾਕਤਾਂ ਦੀ ਪਛਾਣ ਕਰਨ।
ਉਨ੍ਹਾਂ ਖ਼ਾਲਸਾ ਪੰਥ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮੀਰੀ-ਪੀਰੀ ਦੇ ਸਿਧਾਂਤ ਅਤੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਨਾਲ ਸਾਂਝ ਹੋਰ ਮਜ਼ਬੂਤ ਕਰਨੀ ਚਾਹੀਦੀ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਗੁਰਮਤਿ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਬਿਕਰਮਜੀਤ ਸਿੰਘ ਝੰਗੀ, ਗੁਰਿੰਦਰ ਸਿੰਘ ਦੇਵੀਦਾਸਪੁਰਾ ਤੇ ਹੋਰ ਹਾਜ਼ਰ ਸਨ।