IMG-LOGO
Home News ਪੰਜਾਬ ਸਰਕਾਰ ਨੇ 27 ਨੂੰ ਮੁੜ ਇਜਲਾਸ ਸੱਦਿਆ
ਪੰਜਾਬ

ਪੰਜਾਬ ਸਰਕਾਰ ਨੇ 27 ਨੂੰ ਮੁੜ ਇਜਲਾਸ ਸੱਦਿਆ

by Admin - 2022-09-22 22:43:20 0 Views 0 Comment
IMG
ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕੀਤੇ ਜਾਣ ਮਗਰੋਂ ਸੂਬੇ ਵਿੱਚ ਸਿਆਸੀ ਮਾਹੌਲ ਗਰਮਾ ਗਿਆ ਹੈ। ਰਾਜਪਾਲ ਤੇ ਸੂਬਾ ਸਰਕਾਰ ਆਹਮੋ-ਸਾਹਮਣੇ ਖੜ੍ਹ ਗਏ ਹਨ। ਪੰਜਾਬ ਸਰਕਾਰ ਨੇ 16ਵੀਂ ਵਿਧਾਨ ਸਭਾ ਦਾ ਤੀਜਾ ਇਜਲਾਸ 27 ਸਤੰਬਰ ਨੂੰ ਸੱਦ ਲਿਆ ਹੈ। ਇਜਲਾਸ ਦੌਰਾਨ ਸੂਬਾ ਸਰਕਾਰ ਵੱਲੋਂ ਬਿਜਲੀ ਅਤੇ ਪਰਾਲੀ ਵਰਗੇ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਕੈਬਨਿਟ ਨੇ ਸੂਬੇ ਦੇ ਰਾਜਪਾਲ ਨੂੰ 16ਵੀਂ ਵਿਧਾਨ ਸਭਾ ਦਾ ਤੀਜਾ ਇਜਲਾਸ ਸੱਦਣ ਲਈ ਸਿਫਾਰਸ਼ ਕੀਤੀ ਹੈ। ਰਾਜਪਾਲ ਵੱਲੋਂ ਬੁੱਧਵਾਰ ਸ਼ਾਮ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਦਿੱਤੀ ਪ੍ਰਵਾਨਗੀ ਰੱਦ ਕੀਤੇ ਜਾਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ ਪੰਜਾਬ ਵਿਧਾਨ ਸਭਾ ਵਿੱਚ ‘ਆਪ’ ਵਿਧਾਇਕਾਂ ਨਾਲ ਗੈਰਰਸਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਵਿਕਰਮਜੀਤ ਸਿੰਘ ਸਾਹਨੀ ਵੀ ਮੌਜੂਦ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜਪਾਲ ਵੱਲੋਂ ਵਿਸ਼ੇਸ਼ ਇਜਲਾਸ ਦੀ ਪ੍ਰਵਾਨਗੀ ਰੱਦ ਕਰਨਾ ਮੰਦਭਾਗਾ ਹੈ। ਅਜਿਹਾ ਕਰਕੇ ਸੂਬੇ ਵਿੱਚ ਲੋਕਤੰਤਰ ਦੀ ਹੱਤਿਆ ਕੀਤੀ ਗਈ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਚੇਤੇ ਰਹੇ ਕਿ ਪੰਜਾਬ ਸਰਕਾਰ ਨੇ 20 ਸਤੰਬਰ ਨੂੰ ਕੀਤੀ ਕੈਬਨਿਟ ਮੀਟਿੰਗ ਵਿੱਚ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਇਕ ਦਿਨਾ ਵਿਸ਼ੇਸ਼ ਇਜਲਾਸ ਸੱਦਣ ਦਾ ਫ਼ੈਸਲਾ ਕੀਤਾ ਸੀ। ਇਜਲਾਸ ਦੌਰਾਨ ਭਾਜਪਾ ਦੇ ‘ਅਪਰੇਸ਼ਨ ਲੋਟਸ’ ਦੇ ਹਵਾਲੇ ਨਾਲ ਲੋਕਾਂ ਦਾ ਭਰੋਸਾ ਜਿੱਤਣ ਲਈ ‘ਭਰੋਸਗੀ ਮਤਾ’ ਲਿਆਂਦਾ ਜਾਣਾ ਸੀ। ਪੰਜਾਬ ਸਰਕਾਰ ਨੇ ਇਜਲਾਸ ਸੱਦਣ ਦੀ ਮਨਜ਼ੂਰੀ ਲਈ ਰਾਜਪਾਲ ਨੂੰ ਸਿਫਾਰਿਸ਼ ਕੀਤੀ ਸੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪਹਿਲਾਂ ਲੋੜੀਂਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਬਾਅਦ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਪਾ, ਸੁਖਪਾਲ ਸਿੰਘ ਖਹਿਰਾ ਅਤੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੇ ਪੱਤਰ ’ਤੇ ਗੌਰ ਕਰਨ ਮਗਰੋਂ ਪ੍ਰਵਾਨਗੀ ਰੱਦ ਕਰ ਦਿੱਤੀ। ਰਾਜਪਾਲ ਦੇ ਇਸ ਫ਼ੈਸਲੇ ਦਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੇ ਵਿਧਾਇਕਾਂ ਵੱਲੋਂ ਵਿਰੋਧ ਕਰਦਿਆਂ ਇਸ ਨੂੰ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ ਗਿਆ। ‘ਆਪ’ ਵਿਧਾਇਕਾਂ ਨੇ ਕੀਤਾ ਸ਼ਾਂਤੀ ਮਾਰਚ ਚੰਡੀਗੜ੍ਹ (ਟਨਸ): ਵਿਸ਼ੇਸ਼ ਇਜਲਾਸ ਰੱਦ ਕੀਤੇ ਜਾਣ ਤੋਂ ਖ਼ਫ਼ਾ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨੇ ਅੱਜ ਪੰਜਾਬ ਵਿਧਾਨ ਸਭਾ ਤੋਂ ਰਾਜ ਭਵਨ ਤੱਕ ‘ਸਾਂਤੀ ਮਾਰਚ’ ਕੱਢ ਕੇ ਰਾਜਪਾਲ ਦੇ ਫ਼ੈਸਲੇ ਖਿਲਾਫ਼ ਰੋਸ ਦਾ ਮੁਜ਼ਾਹਰਾ ਕੀਤਾ। ‘ਆਪ’ ਵਿਧਾਇਕ ਰਾਜ ਭਵਨ ਵੱਲ ਵਧੇ ਤਾਂ ਪੁਲੀਸ ਕਰਮੀਆਂ ਨੇ ਉਨ੍ਹਾਂ ਨੂੰ ਵਿਧਾਨ ਸਭਾ ਦੇ ਬਾਹਰ ਚੌਕ ਵਿੱਚ ਹੀ ਅੱਗੇ ਵਧਣ ਤੋਂ ਰੋਕ ਦਿੱਤਾ। ਵਿਧਾਇਕਾਂ ਨੇ ‘ਲੋਕਤੰਤਰ ਦੇ ਕਾਤਲ’, ‘ਕਾਂਗਰਸ-ਭਾਜਪਾ ਵੱਲੋਂ ਲੋਕਤੰਤਰ ਦਾ ਕਤਲ’ ਤੇ ‘ਆਪ੍ਰੇਸ਼ਨ ਲੋਟਸ ਬੰਦ ਕਰੋ’ ਵਰਗੇ ਬੈਨਰ ਫੜ ਕੇ ਨਾਅਰੇਬਾਜ਼ੀ ਕੀਤੀ। ‘ਆਪ’ ਵਿਧਾਇਕਾਂ ਨੇ ਦੋਸ਼ ਲਗਾਇਆ ਕਿ ਸੂਬੇ ਦੀ ਤਰੱਕੀ ਰੋਕਣ ਲਈ ਵਿਰੋਧੀ ਧਿਰਾਂ ਪੰਜਾਬ ਵਿੱਚ ‘ਆਪ’ ਖ਼ਿਲਾਫ਼ ਕੰਮ ਕਰ ਰਹੀਆਂ ਹਨ। ਵਿਧਾਇਕਾਂ ਨੇ ਰਾਜਪਾਲ ਵੱਲੋਂ ਵਿਸ਼ੇਸ਼ ਇਜਲਾਸ ਸੱਦਣ ਦੇ ਆਪਣੇ ਪਹਿਲੇ ਹੁਕਮ ਨੂੰ ਵਾਪਸ ਲੈਣ ਦੇ ਫੈਸਲੇ ਨੂੰ ‘ਲੋਕਤੰਤਰ ਦਾ ਮਜ਼ਾਕ ਉਡਾਉਣਾ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਮੇਤ ਵਿਰੋਧੀ ਪਾਰਟੀਆਂ ਲੋਕਤੰਤਰ ਨੂੰ ਕਮਜ਼ੋਰ ਕਰਨ ਲਈ ਮਿਲ ਕੇ ਕੰਮ ਕਰ ਰਹੀਆਂ ਹਨ ਕਿਉਂਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਅਸਾਧਾਰਨ ਕਾਰਗੁਜ਼ਾਰੀ ਤੋਂ ਹੈਰਾਨ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੱਟੜ ਸਿਪਾਹੀਆਂ ਵੱਲੋਂ ਅਜਿਹੇ ਨਾਪਾਕ ਏਜੰਡੇ ਨੂੰ ਨਾਕਾਮ ਕਰ ਦਿੱਤਾ ਜਾਵੇਗਾ। ਵਿਧਾਇਕਾਂ ਨੇ ਕਾਂਗਰਸ ’ਤੇ ਦੋਸ਼ ਲਾਇਆ ਕਿ ਉਹ ਭਾਜਪਾ ਦੀ ‘ਬੀ-ਟੀਮ’ ਹੈ ਅਤੇ ਭਗਵਾ ਪਾਰਟੀ ਲਈ ਹੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਭਾਜਪਾ ਦੇ ਇਸ਼ਾਰੇ ’ਤੇ ਵਿਧਾਨ ਸਭਾ ਇਜਲਾਸ ਰੱਦ ਕੀਤਾ ਹੈ ਤੇ ਵਿਰੋਧੀ ਧਿਰ ਦੇ ਆਗੂ ਸੀਬੀਆਈ ਅਤੇ ਈਡੀ ਦੇ ਛਾਪਿਆਂ ਦੀਆਂ ਧਮਕੀਆਂ ਦੇ ਵਿਚਕਾਰ ਆਪਣੇ ਅਹੁਦੇ ਦੀ ਰਾਖੀ ਲਈ ਭਾਜਪਾ ਦੀਆਂ ਧੁਨਾਂ ’ਤੇ ਨੱਚ ਰਹੇ ਹਨ। ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ ਸੂਬਾ ਸਰਕਾਰ ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰੱਦ ਕੀਤੇ ਜਾਣ ਦੇ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ ’ਤੇ ਵੀਡੀਓ ਜ਼ਰੀਏ ਇਹ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਮਗਰੋਂ ਇਸ ਨੂੰ ਰੱਦ ਕੀਤੇ ਜਾਣਾ ਮੰਦਭਾਗਾ ਹੈ, ਜਿਸ ਖਿਲਾਫ਼ ਸੁਪਰੀਮ ਕੋਰਟ ਜਾਵਾਂਗੇ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਅਗਲੇ ਹਫ਼ਤੇ ਸੁਪਰੀਮ ਕੋਰਟ ਵਿੱਚ ਦਸਤਕ ਦੇੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦਾ ‘ਅਪ੍ਰੇਸ਼ਨ ਲੋਟਸ’ ਦੇਸ਼ ਭਰ ਵਿੱਚ ਜਾਰੀ ਹੈ ਤੇ ਪੰਜਾਬ ਵਿੱਚ ਕਾਂਗਰਸ ਪਾਰਟੀ ਵੀ ਭਾਜਪਾ ਨਾਲ ਖੜ੍ਹੀ ਨਜ਼ਰ ਆ ਰਹੀ ਹੈ। ਇਸੇ ਕਰਕੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰੱਦ ਕਰਨ ਦਾ ਸਵਾਗਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਸਭ ਤੋਂ ਵੱਧ ‘ਅਪ੍ਰੇਸ਼ਨ ਲੋਟਸ’ ਦਾ ਸ਼ਿਕਾਰ ਹੋ ਰਹੀ ਹੈ, ਜਿਸ ਦੇ ਵੱਡੀ ਗਿਣਤੀ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਭ੍ਰਿਸ਼ਟਾਚਾਰ ਵਿਰੋਧੀ ਸੰਘਰਸ਼ ਵਿੱਚੋਂ ਨਿਕਲੀ ਹੋਈ ਪਾਰਟੀ ਹੈ, ਇਹ ਭਾਜਪਾ ਦੇ ‘ਅਪ੍ਰੇਸ਼ਨ ਲੋਟਸ’ ਤੇ ਗੈਰ-ਜਮਹੂਰੀ ਹਰਕਤਾਂ ਤੋਂ ਡਰਨ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਸੂਬਿਆਂ ਦੇ ਅਧਿਕਾਰਾਂ ਖ਼ਿਲਾਫ਼ ਲੜਾਈ ਜਾਰੀ ਰਹੇਗੀ। ਵਿਸ਼ੇਸ਼ ਇਜਲਾਸ ’ਚ ਪੰਜਾਬ ਦੇ ਭਖਦੇ ਮੁੱਦੇ ਵਿਚਾਰੇ ਜਾਣ: ਬਾਜਵਾ ਚੰਡੀਗੜ੍ਹ (ਟਨਸ): ਪੰਜਾਬ ਅਸੈਂਬਲੀ ਵਿੱਚ ਵਿਰੋਧ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ 27 ਸਤੰਬਰ ਨੂੰ ਸੱਦੇ ਇਜਲਾਸ ਵਿਚ ਕੋਟਕਪੂਰਾ ਕਾਂਡ, ਬਹਿਬਲ ਗੋਲੀਕਾਂਡ ਅਤੇ ਕਾਨੂੰਨ ਤੇ ਵਿਵਸਥਾ ਦੇ ਮੁੱਦਿਆਂ ’ਤੇ ਬਹਿਸ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਮੁੱਦਿਆਂ ’ਤੇ ਬਹਿਸ ਕਰਨ ਲਈ ਤਿਆਰ ਹਨ ਅਤੇ ਕਦੇ ਵੀ ਵਿਚਾਰ ਚਰਚਾ ਤੋਂ ਪਿਛਾਂਹ ਨਹੀਂ ਹਟਣਗੇ। ਬਾਜਵਾ ਨੇ ਸਾਫ਼ ਕਰ ਦਿੱਤਾ ਕਿ ਉਹ ‘ਆਪ’ ਦੇ ਡਰਾਮਿਆਂ ਦਾ ਹਿੱਸਾ ਨਹੀਂ ਬਣਨਗੇ। ਬਾਜਵਾ ਨੇ ਕਿਹਾ ਕਿ ਬਿਜਲੀ ਤੇ ਪਰਾਲੀ ਦੇ ਮੁੱਦੇ ’ਤੇ ਵਿਸ਼ੇਸ਼ ਇਜਲਾਸ ਹੁੰਦਾ ਹੈ ਤਾਂ ਉਹ ਬਹਿਸ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਭਖਦੇ ਮੁੱਦਿਆਂ ’ਤੇ ਸਰਬ ਪਾਰਟੀ ਮੀਟਿੰਗ ਸੱਦੀ ਜਾਣੀ ਚਾਹੀਦੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕੇਂਦਰ ਸਰਕਾਰ ਦੀਆਂ ਕਥਿਤ ਵਧੀਕੀਆਂ ਖ਼ਿਲਾਫ਼ ਜਦੋਂ ਵੀ ਵਿਧਾਨ ਸਭਾ ਵਿਚ ਸਰਕਾਰ ਵੱਲੋਂ ਮਤੇ ਲਿਆਂਦੇ ਗਏ, ਵਿਰੋਧੀ ਧਿਰ ਨੇ ਇਸ ਦਾ ਡਟ ਕੇ ਸਾਥ ਦਿੱਤਾ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ‘ਅਪਰੇਸ਼ਨ ਲੋਟਸ’ ਡਰਾਮੇ ਵਿਚ ਉਨ੍ਹਾਂ ਦਾ ਕੋਈ ਭਰੋਸਾ ਨਹੀਂ ਹੈ। ਅਜਿਹੇ ਡਰਾਮੇ ਨਾਲ ਇੱਕ ਦਿਨ ਦਾ ਖਰਚਾ ਇੱਕ ਕਰੋੋੜ ਰੁਪਏ ਆ ਜਾਣਾ ਸੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀ ਕਾਰਵਾਈ ਨੇਮਾਂ ਮੁਤਾਬਕ ਚੱਲਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਡਾ. ਅੰਬੇਦਕਰ ਦੀਆਂ ਤਸਵੀਰਾਂ ਲਗਾ ਰਹੀ ਹੈ ਤੇ ਦੂਜੇ ਪਾਸੇ ਉਨ੍ਹਾਂ ਵੱਲੋਂ ਬਣਾਏ ਸੰਵਿਧਾਨ ਮੁਤਾਬਕ ਚੱਲਣ ਨੂੰ ਤਿਆਰ ਨਹੀਂ ਹੈ। ਬਾਜਵਾ ਨੇ ਅੱਜ ਇਕ ਟਵੀਟ ਵਿੱਚ ਕਿਹਾ, ‘‘ ਆਪ’ ਵਿਧਾਇਕ ਦਿੱਲੀ ਵਾਲੇ ਮਾਲਕਾਂ ਦੇ ਇਸ਼ਾਰੇ ’ਤੇ ਨੱਚਣ ਨੂੰ ਤਿਆਰ ਹਨ। ਇਨ੍ਹਾਂ ਦਾ ਇੱਕੋ ਮਕਸਦ ਹੈ ਕਿ ਕੇਜਰੀਵਾਲ ਤੇ ਉਸ ਦੇ ਦਰਬਾਰੀਆਂ ਦੀਆਂ ਕਿਵੇਂ ਢਾਲ ਬਣਿਆ ਜਾ ਸਕੇ।’ ਬਾਜਵਾ ਨੇ ਜਲੰਧਰ ਵਿਚ ਲੰਘੀ ਰਾਤ ਕੁਝ ‘ਆਪ’ ਆਗੂਆਂ ਵੱਲੋਂ ਪੁਲੀਸ ਨਾਲ ਕੀਤੇ ਵਿਵਹਾਰ ਦੀ ਵੀਡੀਓ ਵੀ ਸਾਂਝੀ ਕੀਤੀ ਹੈ। ਉਧਰ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਸ਼ੇਸ਼ ਇਜਲਾਸ ਰੱਦ ਕਰਕੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਪੂਰੀ ਕੀਤੀ ਹੈ। ਭਗਵੰਤ ਮਾਨ ਜਲਦੀ ਪੰਜਾਬ ਦੇ ਏਕਨਾਥ ਸ਼ਿੰਦੇ ਬਣਨਗੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰੀਕੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗੁਣਗਾਨ ਕਰ ਰਹੇ ਸਨ, ਉਸ ਤੋਂ ਸਾਫ ਪਤਾ ਲੱਗਦਾ ਹੈ ਕਿ ਭਗਵੰਤ ਮਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਏਕਨਾਥ ਸ਼ਿੰਦੇ ਬਣਨ ਜਾ ਰਹੇ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਦੇ ਇੱਕ ਸੀਨੀਅਰ ਅਧਿਕਾਰੀ ਦੀ ਸੂਚਨਾ ਅਨੁਸਾਰ ‘ਆਪ’ ਦੇ ਦਰਜਨ ਵਿਧਾਇਕ ਕਾਂਗਰਸ ਅਤੇ ਭਾਜਪਾ ਹਾਈਕਮਾਨ ਦੇ ਸੰਪਰਕ ਵਿਚ ਹਨ।

Leave a Comment

Your email address will not be published. Required fields are marked *