IMG-LOGO
Home News blog-list-01.html
ਪੰਜਾਬ

ਮੂਸੇਵਾਲਾ ਕਤਲ ਕਾਂਡ-ਗੋਲਡੀ ਬਰਾੜ ਅਮਰੀਕਾ ਵਿੱਚ ਕਾਬੂ

by Admin - 2022-12-02 21:36:50 0 Views 0 Comment
IMG
ਕੈਲੀਫੋਰਨੀਆ ਪੁਲੀਸ ਨੇ ਰਿਹਾਸਤ ’ਚ ਲਿਆ; ਗੈਂਗਸਟਰ ਨੂੰ ਬਿਨਾਂ ਪਾਸਪੋਰਟ ਦੇ ਕਾਬੂ ਕੀਤੇ ਜਾਣ ਦਾ ਦਾਅਵਾ ਮਾਨਸਾ-ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਵੇਰਵਿਆਂ ਮੁਤਾਬਕ ਉਸ ਨੂੰ 20 ਨਵੰਬਰ ਨੂੰ ਕਾਬੂ ਕੀਤਾ ਗਿਆ ਹੈ, ਪਰ ਕੈਲੀਫੋਰਨੀਆ ਪੁਲੀਸ ਨੇ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਤੇ ਨਾ ਹੀ ਅਮਰੀਕੀ ਸਰਕਾਰ ਨੇ ਭਾਰਤੀ ਗ੍ਰਹਿ ਮੰਤਰਾਲੇ ਨੂੰ ਕੋਈ ਜਾਣਕਾਰੀ ਦਿੱਤੀ ਹੈ। ਹਾਲਾਂਕਿ ਭਾਰਤੀ ਖੁਫ਼ੀਆ ਵਿਭਾਗ ਤੱਕ ਕਿਸੇ ਤਰੀਕੇ ਇਹ ਜਾਣਕਾਰੀ ਪੁੱਜ ਗਈ ਹੈ। ਮਾਨਸਾ ਪੁਲੀਸ ਦੇ ਇੱਕ ਅਧਿਕਾਰੀ ਨੇ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਪੁਲੀਸ ਵੱਲੋਂ ਹਿਰਾਸਤ ਵਿੱਚ ਲੈਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਸ ਨੂੰ ਬਿਨਾਂ ਪਾਸਪੋਰਟ ਤੋਂ ਫੜਿਆ ਗਿਆ ਹੈ ਅਤੇ ਉਸ ਖਿਲਾਫ਼ ਪਹਿਲਾਂ ਹੀ ਦੋ ਪੁਰਾਣੇ ਕੇਸਾਂ ਵਿੱਚ ਰੈੱਡ ਕਾਰਨਰ ਨੋਟਿਸ ਜਾਰੀ ਹੋ ਚੁੱਕੇ ਹਨ। ਦੱਸਿਆ ਜਾਂਦਾ ਹੈ ਕਿ ਗੋਲਡੀ ਬਰਾੜ ਕੁਝ ਸਮਾਂ ਪਹਿਲਾਂ ਹੀ ਰਾਜਸੀ ਸ਼ਰਣ ਲੈਣ ਲਈ ਕੈਨੇਡਾ ਤੋਂ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਚਲਿਆ ਗਿਆ ਸੀ। ਮੋਦੀ ਸਰਕਾਰ ਹੁਣ ‘ਰੈੱਡ ਕਾਰਨਰ’ ਨੋਟਿਸ ਦੇ ਸਬੂਤ ਬਾਇਡਨ ਸਰਕਾਰ ਨੂੰ ਦੇ ਕੇ ਗੈਂਗਸਟਰ ਨੂੰ ਭਾਰਤ ਲਿਆਉਣ ਲਈ ਚਾਰਾਜੋਈ ਆਰੰਭ ਕਰੇਗੀ। ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅਜੇ ਵੀਰਵਾਰ ਨੂੰ ਹੀ ਗੋਲਡੀ ਬਰਾੜ ਦੀ ਸੂਹ ਦੇਣ ਵਾਲੇ ਨੂੰ ਆਪਣੇ ਪੱਲਿਓਂ 2 ਕਰੋੜ ਰੁਪਏ ਦੇਣ ਦਾ ਦਾਅਵਾ ਕੀਤਾ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਇਲਾਵਾ ਕੁਝ ਦਿਨ ਪਹਿਲਾਂ ਫਰੀਦਕੋਟ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਪੁਲੀਸ ਸੁਰੱਖਿਆ ਵਿੱਚ ਮਾਰਿਆ ਗਿਆ ਸੀ। ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਵੀ ਜ਼ਿੰਮੇਵਾਰੀ ਲਈ ਹੈ। ਗੋਲਡੀ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਕੋਈ ਇਨਸਾਫ਼ ਨਹੀਂ ਮਿਲਿਆ, ਜਿਸ ਕਾਰਨ ਡੇਰਾ ਪ੍ਰੇਮੀ ਦਾ ਕਤਲ ਹੋਇਆ ਹੈ। ਡੇਰਾ ਸੱਚਾ ਸੌਦਾ ਦੇ ਇਸ ਸ਼ਰਧਾਲੂ ਦਾ ਨਾਂ ਬੇਅਦਬੀ ਮਾਮਲੇ ’ਚ ਆਇਆ ਸੀ ਤੇ ਉਹ ਜ਼ਮਾਨਤ ’ਤੇ ਸੀ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਨੂੰ ਵੀ ਹਿਰਾਸਤ ਵਿੱਚ ਲਿਆ ਜਾ ਚੁੱਕਾ ਹੈ। ਅਨਮੋਲ ਨੂੰ ਦੁਬਈ ਵਿਚ ਹਿਰਾਸਤ ਵਿਚ ਲਿਆ ਗਿਆ ਸੀ, ਜਦੋਂ ਕਿ ਭਾਣਜੇ ਨੂੰ ਅਜ਼ਰਬਾਇਜਾਨ ਤੋਂ ਹਿਰਾਸਤ ਵਿਚ ਲਿਆ ਗਿਆ ਸੀ। ਇਨ੍ਹਾਂ ਦੋਵਾਂ ਨੂੰ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਹੀ ਲਾਰੈਂਸ ਨੇ ਵਿਦੇਸ਼ ਭੇਜ ਦਿੱਤਾ ਸੀ। ਦੋਵੇਂ ਫਰਜ਼ੀ ਪਾਸਪੋਰਟਾਂ ’ਤੇ ਫਰਜ਼ੀ ਨਾਵਾਂ ਨਾਲ ਵਿਦੇਸ਼ ਪਹੁੰਚੇ ਸਨ। ਉਨ੍ਹਾਂ ਨੂੰ ਵਾਪਸ ਲਿਆਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਤੇ ਪੰਜਾਬ ਪੁਲੀਸ ਵੱਲੋਂ ਉਪਰਾਲੇ ਜਾਰੀ ਹਨ। ਮਾਨਸਾ ਦੇ ਪਿੰਡ ਜਵਾਹਰਕੇ ’ਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਮੂਸੇਵਾਲਾ ਆਪਣੀ ਥਾਰ ਜੀਪ ਵਿੱਚ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ ਅਤੇ ਕੁੱਲ 6 ਸ਼ੂਟਰਾਂ ਨੇ ਮੂਸੇਵਾਲਾ ਨੂੰ ਗੋਲੀਆਂ ਮਾਰੀਆਂ ਸਨ, ਜਿਨ੍ਹਾਂ ਵਿੱਚੋਂ 4 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਦੋਂਕਿ ਦੋ ਸ਼ੂਟਰ ਅੰਮ੍ਰਿਤਸਰ ਦੇ ਅਟਾਰੀ ਵਿਖੇ ਹੋਏ ਪੁਲੀਸ ਮੁਕਾਬਲੇ ਵਿੱਚ ਮਾਰੇ ਗਏ ਸਨ। ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਦੀ ਮੁਖਬਰੀ ਮਗਰੋਂ ਕਾਬੂ ਆਇਆ ਗੋਲਡੀ ਪੁਲੀਸ ਦੇ ਇੱਕ ਅਧਿਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਕਤਲ ਸਮੇਂ ਗੋਲਡੀ ਬਰਾੜ ਕੈਨੇਡਾ ਵਿੱਚ ਰਹਿ ਰਿਹਾ ਸੀ। ਪੰਜਾਬੀ ਗਾਇਕ ਦੇ ਕਤਲ ਤੋਂ ਬਾਅਦ ਗੋਲਡੀ ਭਾਰਤੀ ਖੁਫ਼ੀਆ ਏਜੰਸੀਆਂ ਅਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਿਸ਼ਾਨੇ ’ਤੇ ਆ ਗਿਆ ਸੀ। ਉਸ ਨੂੰ ਡਰ ਸੀ ਕਿ ਕਿਤੇ ਕੋਈ ਉਸ ਦਾ ਟਿਕਾਣਾ ਨਾ ਦੱਸ ਦੇਵੇ। ਇਸੇ ਕਾਰਨ ਉਹ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਭੱਜ ਕੇ ਕੈਲੀਫੋਰਨੀਆ ਸਟੇਟ ਦੇ ਫਰੈਜ਼ਨੋ ਸ਼ਹਿਰ ਚਲਾ ਗਿਆ ਸੀ, ਜਿੱਥੇ ਉਸ ਨੇ ਦੋ ਵਕੀਲਾਂ ਦੀ ਮਦਦ ਨਾਲ ਸਿਆਸੀ ਸ਼ਰਣ ਲੈਣ ਦੀ ਕੋਸ਼ਿਸ਼ ਵੀ ਕੀਤੀ। ਖੁਫੀਆ ਏਜੰਸੀਆਂ ਨੂੰ ਮਿਲੀ ਸੂਹ ਮੁਤਾਬਕ ਗੋਲਡੀ ਬਰਾੜ ਨੂੰ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਦੀ ਮੁਖਬਰੀ ਦੇ ਆਧਾਰ ’ਤੇ ਹਿਰਾਸਤ ’ਚ ਲਿਆ ਗਿਆ ਸੀ। ਇਹ ਵੀ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਗੈਂਗਸਟਰਾਂ ਵਿੱਚ ਫੁੱਟ ਪੈ ਗਈ ਹੈ, ਜਿਸ ਕਾਰਨ ਉਹ ਖ਼ੁਫ਼ੀਆ ਏਜੰਸੀਆਂ ਨੂੰ ਇੱਕ-ਦੂਜੇ ਖ਼ਿਲਾਫ਼ ਸੂਹ ਦੇ ਰਹੇ ਹਨ। ਗੋਲਡੀ ਬਰਾੜ ਛੇਤੀ ਪੰਜਾਬ ਪੁਲੀਸ ਦੀ ਗ੍ਰਿਫ਼ਤ ’ਚ ਹੋਵੇਗਾ: ਭਗਵੰਤ ਮਾਨ ਅਹਿਮਦਾਬਾਦ: ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਪੁਲੀਸ ਵਲੋਂ ਹਿਰਾਸਤ ’ਚ ਲਏ ਜਾਣ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ ਗੈਂਗਸਟਰ ਨੂੰ ਅਮਰੀਕੀ ਪੁਲੀਸ ਵੱਲੋਂ ਹਿਰਾਸਤ ਵਿੱਚ ਲੈਣ ਦੀ ਤਸਦੀਕ ਕਰਦੇ ਹਨ। ਉਨ੍ਹਾਂ ਕਿਹਾ ਕਿ ਕੈਲੀਫੋਰਨੀਆ ਪੁਲੀਸ ਨੇ ਪੰਜਾਬ ਪੁਲੀਸ ਨਾਲ ਸੰਪਰਕ ਕੀਤਾ ਹੈ। ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ ਤੇ ਉਹ ਛੇਤੀ ਪੰਜਾਬ ਪੁਲੀਸ ਦੀ ਗ੍ਰਿਫ਼ਤ ’ਚ ਹੋਵੇਗਾ। ਗੁਜਰਾਤ ਚੋਣਾਂ ਦੇ ਪ੍ਰਚਾਰ ਵਿੱਚ ਰੁੱਝੇ ਮਾਨ ਨੇ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਜਲਦ ਹੀ ਪੰਜਾਬ ਵਿੱਚ ਗੈਂਗਸਟਰ ਸੱਭਿਆਚਾਰ ਖ਼ਤਮ ਹੋ ਜਾਵੇਗਾ ਅਤੇ ਜਿਹੜੇ ਗੈਂਗਸਟਰ ਵਿਦੇਸ਼ਾਂ ਵਿੱਚ ਬੈਠੇ ਹਨ, ਉਹ ਵੀ ਗੋਲਡੀ ਬਰਾੜ ਵਾਂਗ ਛੇਤੀ ਫੜੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਨੂੰ ਟੁੱਟਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੁੱਟ-ਖੋਹ, ਫਿਰੌਤੀ, ਕਤਲ ਦੀ ਖੇਡ ਖੇਡਣ ਲਈ ਗੈਂਗਸਟਰ ਵਿਦੇਸ਼ਾਂ ’ਚ ਮਿਲਦੇ ਹਨ, ਪਰ ਪੰਜਾਬ ਦੇ ਲੋਕ ਸਮਝਦਾਰ ਹਨ, ਜੋ ਅਜਿਹੇ ਲੋਕਾਂ ਦੇ ਝਾਂਸੇ ਵਿੱਚ ਨਹੀਂ ਆਉਂਦੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਪਹਿਲਾਂ ‘ਰੈੱਡ ਕਾਰਨਰ’ ਨੋਟਿਸ ਜਾਰੀ ਕੀਤਾ ਸੀ, ਜੋ ਕਤਲ, ਫਿਰੌਤੀ, ਅਗਵਾ ਵਰਗੀਆਂ ਘਟਨਾਵਾਂ ਵਿੱਚ ਸ਼ਾਮਲ ਸੀ। ਪੁੱਤ ਦੀ ਮੌਤ ਦਾ ਇਨਸਾਫ਼ ਮਿਲਣ ਦੀ ਆਸ ਬੱਝੀ: ਬਲਕੌਰ ਸਿੰਘ ਮਾਨਸਾ : ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਗੋਲਡੀ ਬਰਾੜ ਦੇ ਕੈਲੀਫੋਰਨੀਆ ਵਿੱਚ ਫੜੇ ਜਾਣ ਸਬੰਧੀ ਹਾਲੇ ਕਿਸੇ ਸਰਕਾਰੀ ਜਾਂ ਪੰਜਾਬ ਪੁਲੀਸ ਦੇ ਉੱਚ ਅਧਿਕਾਰੀ ਨੇ ਉਨ੍ਹਾਂ ਨੂੰ ਵਿਭਾਗੀ ਤੌਰ ’ਤੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਵਾਲੀ ਖ਼ਬਰ ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਰਾਹੀਂ ਹੀ ਮਿਲੀ ਹੈ। ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਦੇ ਫੜੇ ਜਾਣ ਦੀ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਅਤੇ ਹੁਣ ਉਨ੍ਹਾਂ ਦੇ ਪੁੱਤ ਨੂੰ ਇਨਸਾਫ਼ ਮਿਲਣ ਦੀ ਆਸ ਜਾਗ ਪਈ ਹੈ।

Leave a Comment

Your email address will not be published. Required fields are marked *